(ਪੱਤਰਕਾਰ ਦਲਵੀਰ ਸਿੰਘ ਕੂਨਰ)
Thank you for reading this post, don't forget to subscribe!ਹੁਸ਼ਿਆਰਪੁਰ, 12 ਫਰਵਰੀ: ਆਸ਼ਿਕਾ ਜੈਨ ਦੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਿਆ ਗਿਆ। ਇਸ ਸਬੰਧੀ ਜ਼ਿਲ੍ਹੇ ਦੀ ਆਰ.ਟੀ.ਓ. ਅਮਨਦੀਪ ਕੌਰ ਦੀ ਅਗਵਾਈ ਹੇਠ ਰਾਤ ਦੇ ਸਮੇਂ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੂਲ ਉਦੇਸ਼ ਸੜਕਾਂ ‘ਤੇ ਚੱਲ ਰਹੇ ਵਪਾਰਕ ਵਾਹਨਾਂ ਦੀ ਚੈਕਿੰਗ ਕਰਕੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣਾ ਅਤੇ ਵੱਧ ਰਹੀਆਂ ਸੜਕ ਦੁਰਘਟਨਾਵਾਂ ‘ਤੇ ਅੰਕੁਸ਼ ਲਗਾਉਣਾ ਸੀ। ਇਸ ਮੁਹਿੰਮ ਲਈ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਵੀ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਸਨ।
ਆਰ.ਟੀ.ਓ. ਨੇ ਦੱਸਿਆ ਕਿ ਸਾਂਝੀਆਂ ਟੀਮਾਂ ਨੇ ਸ਼ਹਿਰ ਦੇ ਪ੍ਰਮੁੱਖ ਰੂਟਾਂ, ਚੌਕ-ਚੌਰਾਹਿਆਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਨਾਕਾਬੰਦੀ ਕਰਕੇ ਵਪਾਰਕ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਖ਼ਾਸ ਤੌਰ ‘ਤੇ ਰਾਤ ਦੇ ਸਮੇਂ ਚੱਲਣ ਵਾਲੇ ਟਰੱਕਾਂ, ਬੱਸਾਂ ਅਤੇ ਹੋਰ ਭਾਰੀ ਵਾਹਨਾਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਜਾਂਚ ਦੌਰਾਨ ਕਈ ਵਾਹਨ ਓਵਰਲੋਡਿੰਗ ਕਰਦੇ ਪਾਏ ਗਏ, ਜਦਕਿ ਕੁਝ ਵਾਹਨਾਂ ਕੋਲ ਲਾਜ਼ਮੀ ਦਸਤਾਵੇਜ਼, ਫਿਟਨੈਸ ਸਰਟੀਫਿਕੇਟ ਜਾਂ ਪ੍ਰਦੂਸ਼ਣ ਨਿਯੰਤਰਣ ਸਰਟੀਫਿਕੇਟ ਮੌਜੂਦ ਨਹੀਂ ਸਨ।
ਮੁਹਿੰਮ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ ਅਤੇ ਗੰਭੀਰ ਉਲੰਘਣਾਵਾਂ ਦੇ ਮਾਮਲਿਆਂ ਵਿੱਚ ਕਈ ਓਵਰਲੋਡ ਵਾਹਨਾਂ ਨੂੰ ਮੌਕੇ ‘ਤੇ ਹੀ ਜ਼ਬਤ (ਇੰਪਾਊਂਡ) ਕਰ ਲਿਆ ਗਿਆ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਓਵਰਲੋਡਿੰਗ ਨਾ ਸਿਰਫ਼ ਸੜਕਾਂ ਦੀ ਹਾਲਤ ਖ਼ਰਾਬ ਕਰਦੀ ਹੈ, ਸਗੋਂ ਇਹ ਵੱਡੀਆਂ ਦੁਰਘਟਨਾਵਾਂ ਦਾ ਕਾਰਣ ਵੀ ਬਣਦੀ ਹੈ, ਜਿਸ ਕਾਰਨ ਇਸ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਅਮਨਦੀਪ ਕੌਰ ਨੇ ਕਿਹਾ ਕਿ ਚੈਕਿੰਗ ਦੌਰਾਨ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਵੀ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਪੂਰੀ ਪਾਲਣਾ ਕਰਨ ਦੀ ਸਖ਼ਤ ਹਦਾਇਤ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ ਅਤੇ ਜਿੱਥੇ ਵੀ ਨਿਯਮਾਂ ਦੀ ਉਲੰਘਣਾ ਪਾਈ ਗਈ, ਉੱਥੇ ਕੜੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਵਾਹਨ ਚਾਲਕਾਂ ਅਤੇ ਟਰਾਂਸਪੋਰਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਸਾਰੇ ਜ਼ਰੂਰੀ ਦਸਤਾਵੇਜ਼ ਪੂਰੇ ਰੱਖਣ, ਵਾਹਨਾਂ ਦੀ ਸਮੇਂ-ਸਮੇਂ ‘ਤੇ ਫਿਟਨੈਸ ਜਾਂਚ ਕਰਵਾਉਣ ਅਤੇ ਓਵਰਲੋਡਿੰਗ ਤੋਂ ਗੁਰੇਜ਼ ਕਰਨ। ਪ੍ਰਸ਼ਾਸਨ ਵੱਲੋਂ ਸਾਫ਼ ਕੀਤਾ ਗਿਆ ਹੈ ਕਿ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਪ੍ਰਣਾਲੀ ਬਣਾਈ ਰੱਖਣ ਲਈ ਐਸੀ ਕਾਰਵਾਈਆਂ ਭਵਿੱਖ ਵਿੱਚ ਹੋਰ ਤੇਜ਼ ਕੀਤੀਆਂ ਜਾਣਗੀਆਂ, ਤਾਂ ਜੋ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।











