ਜਲੰਧਰ ਪੰਜਾਬ ਬਿਊਰੋ ਚੀਫ ਦਲਵੀਰ ਸਿੰਘ ਕੂਨਰ ਸਿਹਤ ਸਾਰ)
Thank you for reading this post, don't forget to subscribe!
ਨਸ਼ਿਆਂ ਦੀ ਰੋਕਥਾਮ ਲਈ ਹਾਟ ਸਪਾਟ ਖੇਤਰਾਂ ਵਿੱਚ ਵਧਾਈ ਜਾਵੇ ਚੌਕਸੀ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ
ਖਾਲੀ ਇਮਾਰਤਾਂ ਅਤੇ ਸੁੰਨੀਆਂ ਥਾਵਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਤੇ ਪੁਲਿਸ ਗਸ਼ਤ ਵਧਾਉਣ ਦੇ ਨਿਰਦੇਸ਼
ਜਲੰਧਰ, 15 : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਪ੍ਰਸ਼ਾਸਨ ਨੇ ਚੌਕਸੀ ਵਧਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਨੇ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਅਤੇ ਸੰਵੇਦਨਸ਼ੀਲ ਖੇਤਰਾਂ ’ਤੇ ਲਗਾਤਾਰ ਨਿਗਰਾਨੀ ਰੱਖਣ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੂਰੀ ਮੁਸਤੈਦੀ ਨਾਲ ਕੰਮ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਐੱਸ.ਐੱਸ.ਪੀ. ਜਲੰਧਰ ਦਿਹਾਤੀ ਸ੍ਰੀ ਹਰਵਿੰਦਰ ਸਿੰਘ ਵਿਰਕ ਸਮੇਤ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਡਰੱਗ ਹਾਟ ਸਪਾਟ ਖੇਤਰਾਂ ਦਾ ਨਿਯਮਤ ਦੌਰਾ ਕੀਤਾ ਜਾਵੇ ਅਤੇ ਨਸ਼ਿਆਂ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵਿਚਕਾਰ ਬਿਹਤਰ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਸਥਿਤ ਦਵਾਈਆਂ ਦੀਆਂ ਦੁਕਾਨਾਂ, ਖਾਲੀ ਇਮਾਰਤਾਂ ਅਤੇ ਸੁੰਨੀਆਂ ਥਾਵਾਂ ਦੀ ਵਿਸ਼ੇਸ਼ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਥਾਵਾਂ ’ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾਣ। ਇਸ ਦੇ ਨਾਲ ਹੀ ਖਾਲੀ ਥਾਵਾਂ ’ਤੇ ਰੌਸ਼ਨੀ ਦਾ ਢੁੱਕਵਾਂ ਪ੍ਰਬੰਧ ਕਰਨ ਅਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਦੇ ਹਾਟ ਸਪਾਟ ਖੇਤਰਾਂ ਵਿੱਚ ਗਸ਼ਤ ਵਧਾਉਣ, ਅਚਨਚੇਤ ਚੈਕਿੰਗ ਕਰਨ ਅਤੇ ਸ਼ੱਕੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਲੋੜ ਅਨੁਸਾਰ ਸਰਚ ਅਪਰੇਸ਼ਨ ਚਲਾਉਣ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਪੱਕੇ ਨਾਕੇ ਲਗਾ ਕੇ ਜਾਂਚ ਕਰਨ ਲਈ ਵੀ ਕਿਹਾ ਗਿਆ, ਤਾਂ ਜੋ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕੇ।
ਸ੍ਰੀ ਵਰਜੀਤ ਵਾਲੀਆ ਨੇ ਜ਼ੋਰ ਦਿੱਤਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਰਫ਼ ਕਾਰਵਾਈ ਹੀ ਨਹੀਂ, ਸਗੋਂ ਲਗਾਤਾਰ ਨਿਗਰਾਨੀ, ਸਾਂਝੇ ਯਤਨਾਂ ਅਤੇ ਜਨਤਕ ਸਹਿਯੋਗ ਦੀ ਵੀ ਅਹਿਮ ਭੂਮਿਕਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਚੌਕਸੀ ਬਣਾਈ ਰੱਖਣ ਅਤੇ ਨਸ਼ਿਆਂ ਦੀ ਰੋਕਥਾਮ ਲਈ ਨਿਰਧਾਰਤ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।
ਮੀਟਿੰਗ ਵਿੱਚ ਇਹ ਅਧਿਕਾਰੀ ਰਹੇ ਮੌਜੂਦ
ਇਸ ਮੌਕੇ ਡੀ.ਸੀ.ਪੀ. ਸ੍ਰੀ ਆਦਿੱਤਿਆ ਵਾਰੀਅਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮੈਡਮ ਦਿਵਿਆ ਪੀ., ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਅਮਨਿੰਦਰ ਕੌਰ, ਸਮੂਹ ਐੱਸ.ਡੀ.ਐੱਮਜ਼, ਨਸ਼ਾ ਮੁਕਤੀ ਮੋਰਚਾ ਦੇ ਦੋਆਬਾ ਕੋਆਰਡੀਨੇਟਰ ਸ੍ਰੀ ਅਤਿਨ ਅਗਨੀਹੋਤਰੀ, ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ (ਦਿਹਾਤੀ) ਅਜੇ ਭੀਲ ਅਤੇ ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ (ਸ਼ਹਿਰੀ) ਸ਼ੈਂਕੀ ਭਗਤ ਸਮੇਤ ਹੋਰ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।











