ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਹੋਰ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ
Thank you for reading this post, don't forget to subscribe!
ਅੰਮ੍ਰਿਤਸਰ, 26 ਫਰਵਰੀ(ਪੱਤਰਕਾਰ ਦਲਵੀਰ ਸਿੰਘ ਕੂਨਰ)ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਵਿੱਚ ਪੁਲਿਸ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਵਿਭਾਗ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਵੀ ਸੀਲ ਕੀਤੀਆਂ ਜਾ ਰਹੀਆਂ ਹਨ, ਅਤੇ ਵੱਡੀ ਗਿਣਤੀ ਵਿੱਚ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਵਿਭਾਗ ਨਾ ਸਿਰਫ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰ ਰਹੀ ਹੈ, ਬਲਕਿ ਨਸ਼ੇ ਵਿੱਚ ਫਸੇ ਨੌਜਵਾਨਾਂ ਨੂੰ ਬਚਾਉਣ ਲਈ ਵੀ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਤੋਂ ਪੀੜਤ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਅੱਚੇ ਨਤੀਜੇ ਮਿਲ ਰਹੇ ਹਨ। ਉਨ੍ਹਾਂ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਹੋਰ ਸਰਗਰਮ ਭੂਮਿਕਾ ਨਿਭਾਉਣ, ਤਾਂ ਜੋ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਦੀਕਸ਼ਤ ਧਵਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਦੂਜੇ ਪੜਾਅ ਤਹਿਤ ਹਰ ਪਿੰਡ ਅਤੇ ਸ਼ਹਿਰ ਵਿੱਚ ਪੈਦਲ ਯਾਤਰਾਵਾਂ ਕੱਢ ਕੇ ਨਸ਼ਿਆਂ ਦੇ ਖਿਲਾਫ ਇੱਕ ਲੋਕ ਲਹਿਰ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ “ਪਿੰਡਾਂ ਦੇ ਪਹਿਰੇਦਾਰ” ਦੇ ਨਾਂ ਤੇ ਇੱਕ ਮੁਹਿੰਮ ਲਾਂਚ ਕੀਤੀ ਗਈ ਹੈ, ਜਿਸ ਵਿੱਚ ਇੱਕ ਫੋਨ ਨੰਬਰ 98991-00002 ਦੇ ਜਰੀਏ ਲੋਕ ਮਿਸ ਕਾਲ ਕਰਕੇ ਪਿੰਡ ਦੇ ਪਹਿਰੇਦਾਰ ਬਣ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਲਾਂਚ ਕੀਤੀ ਐਪ ਰਾਹੀਂ ਵੀ ਲੋਕ ਆਪਣੇ ਇਲਾਕੇ ਵਿੱਚ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ, ਜੋ ਗੁਪਤ ਰੱਖੀ ਜਾਵੇਗੀ। ਸ੍ਰੀ ਧਵਨ ਨੇ ਅਪੀਲ ਕੀਤੀ ਕਿ ਲੋਕ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਭਾਗ ਲਵਣ, ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ ਅਤੇ ਇੱਕ ਸੁਨਹਿਰੀ ਭਵਿੱਖ ਬਣਾਇਆ ਜਾ ਸਕੇ।











