(ਪੱਤਰਕਾਰ ਦਲਵੀਰ ਸਿੰਘ ਕੂਨਰ)
Thank you for reading this post, don't forget to subscribe!ਫਗਵਾੜਾ ਸ਼ੂਗਰ ਮਿੱਲ ਦੀ ਬਕਾਇਆ ਰਕਮ ਜਲਦ ਜਾਰੀ ਕਰਨ ਦਾ ਭਰੋਸਾ
ਫਗਵਾੜਾ/ਨਵਾਂ ਸ਼ਹਿਰ, 12 ਫਰਵਰੀ — ਅੱਜ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਇੱਕ ਅਹਿਮ ਮੀਟਿੰਗ ਪੰਜਾਬ ਦੇ ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਈ। ਇਸ ਮੀਟਿੰਗ ਦਾ ਮੁੱਖ ਮੱਦਾ ਫਗਵਾੜਾ ਸ਼ੂਗਰ ਮਿੱਲ ਵੱਲੋਂ ਕਿਸਾਨਾਂ ਦੀ ਬਕਾਇਆ ਗੰਨੇ ਦੀ ਰਕਮ ਸੀ, ਜੋ ਕਾਫ਼ੀ ਸਮੇਂ ਤੋਂ ਬਕਾਇਆ ਪਈ ਹੋਈ ਹੈ।
ਯੂਨੀਅਨ ਆਗੂਆਂ ਨੇ ਮੰਤਰੀ ਸਾਹਿਬ ਦੇ ਧਿਆਨ ਵਿੱਚ ਲਿਆਂਦਾ ਕਿ ਗੰਨੇ ਦੀ ਅਦਾਇਗੀ ਵਿੱਚ ਹੋ ਰਹੀ ਦੇਰੀ ਕਾਰਨ ਕਿਸਾਨ ਭਾਰੀ ਆਰਥਿਕ ਦਬਾਅ ਹੇਠ ਹਨ। ਖਾਦ, ਬੀਜ, ਡੀਜ਼ਲ ਅਤੇ ਹੋਰ ਖੇਤੀਬਾੜੀ ਖਰਚੇ ਲਗਾਤਾਰ ਵੱਧ ਰਹੇ ਹਨ, ਜਿਸ ਕਰਕੇ ਬਕਾਇਆ ਰਕਮ ਨਾ ਮਿਲਣ ਨਾਲ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਫਗਵਾੜਾ ਸ਼ੂਗਰ ਮਿੱਲ ਦੀ ਬਕਾਇਆ ਰਕਮ ਜਲਦ ਤੋਂ ਜਲਦ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਕਿਸੇ ਵੀ ਕਿਸਾਨ ਨੂੰ ਉਸਦੀ ਹੱਕੀ ਰਕਮ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਮੂਸਾਪੁਰ, ਪ੍ਰਧਾਨ ਨਵਾਂ ਸ਼ਹਿਰ ਬਲਜਿੰਦਰ ਸਿੰਘ ਚੱਕ ਮੰਡੇਰ, ਮੀਤ ਪ੍ਰਧਾਨ ਸੰਤੋਖ ਸਿੰਘ ਲੱਖਪੁਰ, ਮੀਤ ਪ੍ਰਧਾਨ ਮਨਜੀਤ ਸਿੰਘ ਲਲੀਆਂ ਅਤੇ ਮੀਡੀਆ ਸਲਾਹਕਾਰ ਗੁਰਭੇਜ ਸਿੰਘ ਹਾਜ਼ਰ ਰਹੇ।
ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਨਿਰਧਾਰਿਤ ਸਮੇਂ ਵਿੱਚ ਬਕਾਇਆ ਰਕਮ ਜਾਰੀ ਨਾ ਹੋਈ ਤਾਂ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਆਸ ਜਤਾਈ ਕਿ ਸਰਕਾਰ ਆਪਣਾ ਵਾਅਦਾ ਨਿਭਾਏਗੀ ਅਤੇ ਕਿਸਾਨਾਂ ਨੂੰ ਜਲਦੀ ਰਾਹਤ ਮਿਲ ਜਾਏਗੀ ।











