November 2, 2026 6:56 pm

ਪੰਜਾਬ ਖ਼ਬਰ: ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਅਨਿਲ ਠਾਕੁਰ ਨੇ ਕੀਤੀ ਮੀਟਿੰਗ

ਪੰਜਾਬ ਚੀਫ ਬਿਊਰੋ ਦਲਵੀਰ ਸਿੰਘ ਕੂਨਰ

Thank you for reading this post, don't forget to subscribe!

 

ਕਪੂਰਥਲਾ, 24 ਅਗਸਤ: ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਉੱਪ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਨਿਲ ਠਾਕੁਰ ਨੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ, ਐਸ.ਐਸ.ਪੀ. ਗੌਰਵ ਤੂਰਾ, ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਹਰਿੰਦਰ ਮਨੋਚਾ, ਕੰਵਰ ਇਕਬਾਲ ਸਿੰਘ ਅਤੇ ਹੋਰਨਾਂ ਨਾਲ ਵਪਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਉਨ੍ਹਾਂ ਕਿਹਾ ਕਿ ਵਪਾਰਕ ਬਾਜ਼ਾਰਾਂ ਵਿੱਚ ਆਧੁਨਿਕ ਬਾਥਰੂਮਾਂ ਦੀ ਉਸਾਰੀ ਤੇ ਮੁਰੰਮਤ, ਸੀਵਰੇਜ ਦੀਆਂ ਸਮੱਸਿਆਵਾਂ, ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ, ਸੜਕਾਂ ਦੀ ਉਸਾਰੀ ਤੇ ਮੁਰੰਮਤ, ਬਿਜਲੀ ਦੀਆਂ ਹੇਠਾਂ ਲਟਕਦੀਆਂ ਤਾਰਾਂ ਨੂੰ ਠੀਕ ਕਰਨਾ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੰਮ ਕੀਤਾ ਜਾਵੇਗਾ। ਇਨ੍ਹਾਂ ਸਹੂਲਤਾਂ ਦਾ ਲਾਭ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਮਿਲੇਗਾ।

ਸ੍ਰੀ ਠਾਕੁਰ ਨੇ ਦੱਸਿਆ ਕਿ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਟ੍ਰੇਡਰਜ਼ ਕਮਿਸ਼ਨਾਂ ਵੱਲੋਂ ਸੂਬੇ ਭਰ ਵਿੱਚ ਵਪਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਰਾਹੀਂ ਸਥਾਨਕ ਪੱਧਰ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਨਾਲ-ਨਾਲ ਸੂਬਾ ਪੱਧਰ ’ਤੇ ਵੀ ਕਈ ਅਹਿਮ ਫ਼ੈਸਲੇ ਲਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ, ਵਪਾਰਕ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਸ਼ਿਕਾਇਤ ਨਿਵਾਰਨ ਪੋਰਟਲ ਰਾਹੀਂ ਵਪਾਰੀਆਂ ਵੱਲੋਂ ਦਰਜ ਕਰਵਾਏ ਗਏ ਮਸਲਿਆਂ ਦੇ ਹੱਲ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਵਿਭਾਗਾਂ ਨੂੰ ਪੰਜਾਬ ਸਰਕਾਰ ਤੋਂ ਵਿੱਤੀ ਸਹਾਇਤਾ ਦੀ ਲੋੜ ਵਾਲੇ ਕੰਮਾਂ ਸਬੰਧੀ ਤੁਰੰਤ ਤਜਵੀਜ਼ਾਂ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਬਿਜਲੀ ਦੀਆਂ ਲਟਕਦੀਆਂ ਤਾਰਾਂ, ਸੁੰਦਰੀਕਰਨ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹੇ ਵਿੱਚ ਲੋੜੀਂਦੇ ਫੰਡ ਉਪਲਬਧ ਹਨ। ਉਨ੍ਹਾਂ ਵਪਾਰੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸਮੱਸਿਆ, ਸ਼ਿਕਾਇਤ ਜਾਂ ਮਦਦ ਦੀ ਲੋੜ ਹੋਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੈਲਪਲਾਈਨ 01822-233777 ’ਤੇ ਸੰਪਰਕ ਕਰਨ ਜਾਂ ਖ਼ੁਦ ਦਫ਼ਤਰ ਵਿਖੇ ਪਹੁੰਚ ਕੇ ਆਪਣੀ ਸ਼ਿਕਾਇਤ ਦਰਜ ਕਰਵਾਉਣ।

ਐਸ.ਐਸ.ਪੀ. ਗੌਰਵ ਤੂਰਾ ਨੇ ਕਿਹਾ ਕਿ ਵਪਾਰੀਆਂ ਨੂੰ ਦਰਪੇਸ਼ ਟਰੈਫਿਕ ਸਮੱਸਿਆ ਦੇ ਹੱਲ ਲਈ ਸਥਾਨਕ ਵਪਾਰੀਆਂ ਨਾਲ ਵਿਚਾਰ-ਵਟਾਂਦਰਾ ਕਰਕੇ ਸਥਾਈ ਅਤੇ ਢੁੱਕਵਾਂ ਹੱਲ ਕੱਢਿਆ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪੁਲਿਸ ਵਪਾਰੀਆਂ ਦੀ ਅਮਨ-ਸੁਰੱਖਿਆ ਅਤੇ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ।

ਇਸ ਮੌਕੇ ਸਹਾਇਕ ਕਮਿਸ਼ਨਰ ਰਵਿੰਦਰ ਅਰੋੜਾ, ਸੁਸ਼ੀਲ ਬੋਬੀ ਚੰਮ, ਚੇਅਰਮੈਨ ਹਲਕਾ ਫਗਵਾੜਾ, ਲਕਸ਼ ਚੌਧਰੀ, ਚੇਅਰਮੈਨ ਹਲਕਾ ਭੁਲੱਥ, ਜਰਨੈਲ ਸਿੰਘ ਮਰਵਾਹਾ, ਹਲਕਾ ਸੁਲਤਾਨਪੁਰ ਲੋਧੀ, ਰਮਨ ਮਲਹੋਤਰਾ, ਚੇਅਰਮੈਨ ਹਲਕਾ ਕਪੂਰਥਲਾ ਸਮੇਤ ਹੋਰ ਅਧਿਕਾਰੀ ਅਤੇ ਨੁਮਾਇੰਦੇ ਹਾਜ਼ਰ ਸਨ।

और पढ़ें

Cricket Live Score

Corona Virus

Rashifal

और पढ़ें