ਜਲੰਧਰ ਚੀਫ ਬਿਊਰੋ ਦਲਵੀਰ ਸਿੰਘ ਕੂਨਰ
Thank you for reading this post, don't forget to subscribe!
12 ਸਤੰਬਰ ਤੱਕ ਪ੍ਰਾਪਤ ਫਾਰਮਾਂ ਦੀਆਂ ਸੂਚੀਆਂ ਸਾਂਝੀਆਂ; 8 ਅਕਤੂਬਰ ਤੱਕ ਹੋਵੇਗਾ ਨਿਪਟਾਰਾ, 12 ਅਕਤੂਬਰ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ
ਜਲੰਧਰ, 15 ਸਤੰਬਰ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.)-2026 ਦੇ ਦੂਜੇ ਪੜਾਅ ਤਹਿਤ 12 ਸਤੰਬਰ 2026 ਤੱਕ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਨਾਲ ਸਬੰਧਤ ਫਾਰਮਾਂ ਦੀਆਂ ਸੂਚੀਆਂ ਸੰਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪ ਦਿੱਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ—30-ਫਿਲੌਰ, 31-ਨਕੋਦਰ, 32-ਸ਼ਾਹਕੋਟ, 33-ਕਰਤਾਰਪੁਰ, 34-ਜਲੰਧਰ ਪੱਛਮੀ, 35-ਜਲੰਧਰ ਕੇਂਦਰੀ, 36-ਜਲੰਧਰ ਉੱਤਰੀ, 37-ਜਲੰਧਰ ਕੈਂਟ ਅਤੇ 38-ਆਦਮਪੁਰ—ਦੇ ਸੰਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਰਾਜਨੀਤਿਕ ਪਾਰਟੀਆਂ ਨਾਲ ਹਫ਼ਤਾਵਾਰੀ ਮੀਟਿੰਗਾਂ ਕੀਤੀਆਂ ਗਈਆਂ।
ਇਨ੍ਹਾਂ ਮੀਟਿੰਗਾਂ ਦੌਰਾਨ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੀਆਂ ਸੂਚੀਆਂ ਰਾਜਨੀਤਿਕ ਪਾਰਟੀਆਂ ਨਾਲ ਸਾਂਝੀਆਂ ਕੀਤੀਆਂ ਗਈਆਂ। ਇਸ ਤਹਿਤ ਫਾਰਮ ਨੰਬਰ 9, 10, 11, 11ਏ ਅਤੇ 11ਬੀ ਨਾਲ ਸਬੰਧਤ ਸੂਚੀਆਂ ਵੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਜੀਤ ਵਾਲੀਆ ਨੇ ਅੱਗੇ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਸਬੰਧੀ ਪ੍ਰਾਪਤ ਫਾਰਮ ਨੰਬਰ 6, 6ਏ, 7 ਅਤੇ 8 ਦਾ ਨਿਪਟਾਰਾ ਸੰਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ 8 ਅਕਤੂਬਰ 2026 ਤੱਕ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਦੇ ਮੁਕੰਮਲ ਹੋਣ ਉਪਰੰਤ ਜਲੰਧਰ ਜ਼ਿਲ੍ਹੇ ਵਿੱਚ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸ.ਆਈ.ਆਰ.-2026 ਦੀ ਸਮੁੱਚੀ ਪ੍ਰਕਿਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਪੂਰੀ ਕੀਤੀ ਜਾ ਰਹੀ ਹੈ।











