November 2, 2026 10:42 pm

ਫਗਵਾੜਾ: ਐਲ.ਪੀ.ਯੂ. ਹਿੰਸਾ ਮਾਮਲੇ ਦੀ ਵਿਗਿਆਨਕ ਤੇ ਤਕਨੀਕੀ ਢੰਗ ਨਾਲ ਜਾਂਚ ਜਾਰੀ : ਡੀ.ਜੀ.ਪੀ. ਗੌਰਵ ਯਾਦਵ

ਫਗਵਾੜਾ ਪੰਜਾਬ ਬਿਊਰੋ ਚੀਫ ਦਲਵੀਰ ਸਿੰਘ ਕੂਨਰ ਸਿਹਤ ਸਾਰ

Thank you for reading this post, don't forget to subscribe!

 

ਜ਼ਿੰਮੇਵਾਰਾਂ ਦੀ ਪਛਾਣ ਕਰਕੇ ਕੀਤੀ ਜਾਵੇਗੀ ਸਖ਼ਤ ਕਾਨੂੰਨੀ ਕਾਰਵਾਈ, ਵਿਦਿਆਰਥੀਆਂ ਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਪੁਲਿਸ ਨੇ ਕਰਵਾਈ ਗੱਲਬਾਤ

ਫਗਵਾੜਾ, 28 ਸਤੰਬਰ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਦੇ ਬਾਹਰ ਵਾਪਰੀਆਂ ਹਿੰਸਕ ਘਟਨਾਵਾਂ ਦਾ ਪੰਜਾਬ ਪੁਲਿਸ ਵੱਲੋਂ ਵਿਗਿਆਨਕ ਅਤੇ ਤਕਨੀਕੀ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਅੱਜ ਐਲ.ਪੀ.ਯੂ. ਪਹੁੰਚ ਕੇ ਮੌਜੂਦਾ ਹਾਲਾਤ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਬਲ ਨੂੰ ਵੱਧ ਤੋਂ ਵੱਧ ਸੰਜਮ ਵਰਤਣ ਦੀਆਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸਾਡੇ ਬੱਚੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਪੁਲਿਸ ਦੀ ਪਹਿਲੀ ਜ਼ਿੰਮੇਵਾਰੀ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਵਿਦਿਆਰਥੀਆਂ ਦੇ ਨੁਮਾਇੰਦਿਆਂ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਚਕਾਰ ਕਈ ਮੀਟਿੰਗਾਂ ਕਰਵਾਈਆਂ ਗਈਆਂ ਹਨ, ਤਾਂ ਜੋ ਗੱਲਬਾਤ ਰਾਹੀਂ ਵਿਦਿਆਰਥੀਆਂ ਨਾਲ ਸਬੰਧਤ ਮਸਲਿਆਂ ਦਾ ਹੱਲ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਸ਼ਾਂਤਮਈ ਮਾਹੌਲ ਬਣਾਈ ਰੱਖਣ ਦੇ ਨਾਲ-ਨਾਲ ਵਿਦਿਆਰਥੀਆਂ, ਸਥਾਨਕ ਵਸਨੀਕਾਂ ਅਤੇ ਹੋਰ ਸਬੰਧਤ ਧਿਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਐਤਵਾਰ ਰਾਤ ਵਾਪਰੀਆਂ ਹਿੰਸਕ ਘਟਨਾਵਾਂ ਸਬੰਧੀ ਡੀ.ਜੀ.ਪੀ. ਨੇ ਕਿਹਾ ਕਿ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਨ ਲਈ ਪੁਲਿਸ ਵੱਲੋਂ ਉਪਲਬਧ ਵੀਡੀਓ ਫੁਟੇਜ, ਸੀ.ਸੀ.ਟੀ.ਵੀ. ਰਿਕਾਰਡਿੰਗਾਂ ਅਤੇ ਹੋਰ ਤਕਨੀਕੀ ਸਬੂਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਵਿਆਪਕ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।

ਗੌਰਵ ਯਾਦਵ ਨੇ ਸਪੱਸ਼ਟ ਕੀਤਾ ਕਿ ਜਾਂਚ ਦੌਰਾਨ ਜਿਹੜਾ ਵੀ ਵਿਅਕਤੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ, ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਜਿਹੜੇ ਵਿਅਕਤੀ ਦੋਸ਼ੀ ਪਾਏ ਜਾਣਗੇ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡੀ.ਜੀ.ਪੀ. ਨੇ ਸੋਸ਼ਲ ਮੀਡੀਆ ’ਤੇ ਅਫ਼ਵਾਹਾਂ ਅਤੇ ਗੁੰਮਰਾਹਕੁੰਨ ਸਮੱਗਰੀ ਫੈਲਾਉਣ ਵਾਲਿਆਂ ਨੂੰ ਵੀ ਚਿਤਾਵਨੀ ਦਿੱਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਪੁਸ਼ਟੀ ਕੀਤੇ ਆਡੀਓ, ਵੀਡੀਓ ਕਲਿੱਪ ਜਾਂ ਹੋਰ ਸਮੱਗਰੀ ਸਾਂਝੀ ਕਰਨ ਤੋਂ ਗੁਰੇਜ਼ ਕਰਨ ਅਤੇ ਸਿਰਫ਼ ਅਧਿਕਾਰਤ ਤੇ ਪ੍ਰਮਾਣਿਤ ਸਰੋਤਾਂ ਰਾਹੀਂ ਮਿਲੀ ਜਾਣਕਾਰੀ ’ਤੇ ਹੀ ਭਰੋਸਾ ਕਰਨ। ਉਨ੍ਹਾਂ ਕਿਹਾ ਕਿ ਜਾਣ-ਬੁੱਝ ਕੇ ਬੇਬੁਨਿਆਦ ਜਾਂ ਗੁੰਮਰਾਹਕੁੰਨ ਜਾਣਕਾਰੀ ਫੈਲਾਉਣ ਵਾਲਿਆਂ ਵਿਰੁੱਧ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਅਤੇ ਇਸ ਦੇ ਆਲੇ-ਦੁਆਲੇ ਦੀ ਸਥਿਤੀ ਕਾਬੂ ਹੇਠ ਹੈ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਿਸ ਵੱਲੋਂ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਡੀ.ਜੀ.ਪੀ. ਨੇ ਦੱਸਿਆ ਕਿ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਘਟਨਾ ਦੀ ਸੂਚਨਾ ਮਿਲਦੇ ਹੀ ਜਲੰਧਰ ਰੇਂਜ ਦੇ ਡੀ.ਆਈ.ਜੀ. ਨਵੀਨ ਸਿੰਗਲਾ ਅਤੇ ਕਪੂਰਥਲਾ ਦੇ ਐਸ.ਐਸ.ਪੀ. ਗੌਰਵ ਤੂਰਾ ਪੁਲਿਸ ਦੇ ਲੋੜੀਂਦੇ ਅਮਲੇ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਹੇਠ ਲਿਆਉਣ ਲਈ ਤੁਰੰਤ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹਾਲਾਤ ’ਤੇ ਲਗਾਤਾਰ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਲਾਕੇ ਵਿੱਚ ਸ਼ਾਂਤੀ, ਸੁਰੱਖਿਆ ਅਤੇ ਜਨਤਕ ਵਿਵਸਥਾ ਕਾਇਮ ਰੱਖਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਕੈਪਸ਼ਨ: ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

और पढ़ें

Cricket Live Score

Corona Virus

Rashifal

और पढ़ें