ਰਾਜਪਾਲ ਨੂੰ ਮਿਲੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਆਗੂ, ਪਾਰਟੀ ਰਜਿਸਟ੍ਰੇਸ਼ਨ ਅਤੇ ਚੋਣ ਨਿਸ਼ਾਨ ਦਾ ਮਾਮਲਾ ਚੁੱਕਿਆ
Thank you for reading this post, don't forget to subscribe!(ਚੰਡੀਗੜ੍ਹ ਪੰਜਾਬ ਬਿਊਰੋ ਚੀਫ ਦਲਵੀਰ ਸਿੰਘ ਕੂਨਰ )
ਚੰਡੀਗੜ੍ਹ: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਇੱਕ ਵਫ਼ਦ ਵੱਲੋਂ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਵਫ਼ਦ ਨੇ ਪਾਰਟੀ ਦੀ ਰਜਿਸਟ੍ਰੇਸ਼ਨ ਵਿੱਚ ਹੋ ਰਹੀ ਦੇਰੀ ਅਤੇ ਚੋਣ ਨਿਸ਼ਾਨ ਅਲਾਟ ਕਰਨ ਨਾਲ ਸਬੰਧਤ ਮਾਮਲੇ ਨੂੰ ਰਾਜਪਾਲ ਦੇ ਧਿਆਨ ਵਿੱਚ ਲਿਆਂਦਿਆਂ ਮੰਗ ਪੱਤਰ ਸੌਂਪਿਆ।
ਵਫ਼ਦ ਦੀ ਅਗਵਾਈ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਵੱਲੋਂ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਪਾਰਟੀ ਦੀ ਰਜਿਸਟ੍ਰੇਸ਼ਨ ਸਬੰਧੀ ਚੱਲ ਰਹੀ ਪ੍ਰਕਿਰਿਆ ਅਤੇ ਇਸ ਵਿੱਚ ਹੋ ਰਹੀ ਦੇਰੀ ਬਾਰੇ ਰਾਜਪਾਲ ਨੂੰ ਜਾਣੂ ਕਰਵਾਇਆ।
ਮੁਲਾਕਾਤ ਤੋਂ ਬਾਅਦ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਪਾਰਟੀ ਦੀ ਰਜਿਸਟ੍ਰੇਸ਼ਨ ਦੇ ਮਾਮਲੇ ਨੂੰ ਲੈ ਕੇ ਉਹ ਪਹਿਲਾਂ ਹੀ ਪੰਜਾਬ-ਹਰਿਆਣਾ ਹਾਈ ਕੋਰਟ ਦਾ ਰੁਖ਼ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨਾਲ ਸਬੰਧਤ ਮਾਮਲੇ ਬਾਰੇ ਵੀ ਪਾਰਟੀ ਵੱਲੋਂ ਆਪਣਾ ਪੱਖ ਰੱਖਿਆ ਗਿਆ ਹੈ।
ਵਫ਼ਦ ਵੱਲੋਂ ਰਾਜਪਾਲ ਤੋਂ ਮੰਗ ਕੀਤੀ ਗਈ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ਅਤੇ ਚੋਣ ਨਿਸ਼ਾਨ ਨਾਲ ਜੁੜੇ ਮਾਮਲੇ ਵਿੱਚ ਬਣਦੀ ਕਾਰਵਾਈ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਣ। ਆਗੂਆਂ ਨੇ ਕਿਹਾ ਕਿ ਪਾਰਟੀ ਨੂੰ ਲੋਕਤੰਤਰੀ ਪ੍ਰਕਿਰਿਆ ਅਨੁਸਾਰ ਆਪਣੀਆਂ ਸਿਆਸੀ ਗਤੀਵਿਧੀਆਂ ਅੱਗੇ ਵਧਾਉਣ ਲਈ ਰਜਿਸਟ੍ਰੇਸ਼ਨ ਅਤੇ ਚੋਣ ਨਿਸ਼ਾਨ ਨਾਲ ਜੁੜੇ ਮਾਮਲੇ ਦਾ ਜਲਦ ਨਿਪਟਾਰਾ ਹੋਣਾ ਜ਼ਰੂਰੀ ਹੈ।











