ਪੱਤਰਕਾਰ ਦਲਵੀਰ ਸਿੰਘ ਕੂਨਰ )
Thank you for reading this post, don't forget to subscribe!
ਮਾਨਵ ਅਧਿਕਾਰ ਅਤੇ ਸਮਾਜ ਸੇਵਾ ਖੇਤਰ ਵਿੱਚ ਸਰਗਰਮ ਸੰਸਥਾ ਹਿਊਮਨ ਰਾਈਟ ਕਾਉਂਸਲ ਭਾਰਤ (HRCI) ਵੱਲੋਂ ਪੰਜਾਬ ਅਤੇ ਚੰਡੀਗੜ੍ਹ ਇਕਾਈ ਦਾ ਨਵਾਂ ਦਫ਼ਤਰ ਸੈਕਟਰ 34-ਏ, ਸਬ ਸਿਟੀ ਸੈਂਟਰ, ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਇਕਾਈ ਦੇ ਮੀਤ ਪ੍ਰਧਾਨ ਅਤੇ ਚੰਡੀਗੜ੍ਹ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਮਰਜੀਤ ਸਿੰਘ ਵਿਰਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਸਮਾਜ ਵਿੱਚ ਮਨੁੱਖੀ ਅਧਿਕਾਰਾਂ ਦੀ ਰੱਖਿਆ, ਜਨਹਿਤ ਕਾਰਜਾਂ ਨੂੰ ਮਜ਼ਬੂਤੀ ਅਤੇ ਪੀੜਤ ਲੋਕਾਂ ਨੂੰ ਇਨਸਾਫ਼ ਦਿਵਾਉਣਾ ਹੈ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਸੰਸਥਾ ਦੀ ਸਥਾਪਨਾ ਕੁਝ ਸਾਲ ਪਹਿਲਾਂ ਦਿੱਲੀ ਵਿੱਚ ਹੋਈ ਸੀ ਅਤੇ ਇਸ ਦੀ ਸੰਸਥਾਪਕ ਅਤੇ ਕੇਂਦਰੀ ਪ੍ਰਧਾਨ ਆਰਤੀ ਰਾਜਪੂਤ ਹਨ। ਉਨ੍ਹਾਂ ਦੇ ਨੇਤ੍ਰਤਵ ਹੇਠ ਸੰਸਥਾ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਸਰਗਰਮੀ ਨਾਲ ਕੰਮ ਕਰ ਰਹੀ ਹੈ। ਪੰਜਾਬ ਵਿੱਚ ਵੀ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਅਮਰਜੀਤ ਸਿੰਘ ਵਿਰਕ ਨੇ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸੰਸਥਾ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਹੈ। ਇਸ ਦੇ ਨਾਲ ਹੀ ਰਾਜ ਸਰਕਾਰ ਵੱਲੋਂ ਬਣਾਏ ਜਾ ਰਹੇ ਕੋਰ ਗਰੁੱਪ ਵਿੱਚ ਵੀ ਸੰਸਥਾ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਕਿ ਮਨੁੱਖੀ ਅਧਿਕਾਰਾਂ ਸਬੰਧੀ ਮਾਮਲਿਆਂ ਦੀ ਨਿਗਰਾਨੀ ਅਤੇ ਸੁਧਾਰਕ ਕਦਮਾਂ ਲਈ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਚੰਡੀਗੜ੍ਹ ਖੇਤਰ ਵਿੱਚ ਸਰਕਾਰੀ ਸਕੂਲਾਂ, ਕਾਲਜਾਂ, ਹਸਪਤਾਲਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਦਾ ਵੱਖ-ਵੱਖ ਟੀਮਾਂ ਵੱਲੋਂ ਨਿਰੀਖਣ ਕੀਤਾ ਜਾਵੇਗਾ। ਇਸ ਨਿਰੀਖਣ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਅਧਿਕਾਰ ਸਹੀ ਢੰਗ ਨਾਲ ਪ੍ਰਾਪਤ ਹੋਣ। ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੀ ਜਾ ਰਹੀ ਕਥਿਤ ਲੁੱਟ-ਖਸੋਟ ਉੱਤੇ ਰੋਕ ਲਗਾਉਣ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਮਰੀਜ਼ਾਂ ਨੂੰ ਇਨਸਾਫ਼ ਅਤੇ ਵਾਜਬ ਇਲਾਜ ਮਿਲ ਸਕੇ।
ਇਸ ਤੋਂ ਇਲਾਵਾ ਪੁਲਿਸ ਵਿਭਾਗ ਸਮੇਤ ਹੋਰਨਾਂ ਸਰਕਾਰੀ ਵਿਭਾਗਾਂ ਵਿੱਚ ਲੋਕ ਸੁਣਵਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜਾਗਰੂਕਤਾ ਵਧਾਉਣ ਲਈ ਵੀ ਸੰਸਥਾ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸਕੂਲਾਂ ਅਤੇ ਕਾਲਜਾਂ ਵਿੱਚ ਮਨੁੱਖੀ ਅਧਿਕਾਰਾਂ ਦੀ ਪੜ੍ਹਾਈ ਨੂੰ ਲਾਜ਼ਮੀ ਵਿਸ਼ੇ ਵਜੋਂ ਸ਼ਾਮਲ ਕਰਨ ਲਈ ਸੰਸਥਾ ਵੱਲੋਂ ਸਰਕਾਰ ਕੋਲ ਮੰਗ ਪੇਸ਼ ਕੀਤੀ ਗਈ ਹੈ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਬਾਰੇ ਜਾਣਕਾਰੀ ਮਿਲ ਸਕੇ।
ਅਮਰਜੀਤ ਸਿੰਘ ਵਿਰਕ ਨੇ ਕਿਹਾ ਕਿ ਸੰਸਥਾ ਦਾ ਮਕਸਦ ਕਿਸੇ ਵੀ ਪੀੜਤ ਵਿਅਕਤੀ ਤੱਕ ਪਹੁੰਚ ਕਰਕੇ ਉਸਦੀ ਸਮੱਸਿਆ ਦਾ ਤੁਰੰਤ ਅਤੇ ਕਾਨੂੰਨੀ ਹੱਲ ਕਰਵਾਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨਾਲ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ ਤਾਂ ਉਹ ਬੇਝਿਜਕ ਸੰਸਥਾ ਨਾਲ ਸੰਪਰਕ ਕਰਨ।
ਸੰਪਰਕ:
ਅਮਰਜੀਤ ਸਿੰਘ ਵਿਰਕ
ਮੁੱਖ ਕਾਰਜਕਾਰੀ ਅਧਿਕਾਰੀ, ਚੰਡੀਗੜ੍ਹ ਇਕਾਈ।











