ਲੁਧਿਆਣਾ, 13 ਜਨਵਰੀ (ਪੱਤਰਕਾਰ: ਦਲਵੀਰ ਸਿੰਘ ਕਨੂਰ) —
Thank you for reading this post, don't forget to subscribe!ਲੁਧਿਆਣਾ ਜ਼ਿਲ੍ਹੇ ਵਿੱਚ ਬਜ਼ੁਰਗਾਂ ਦੀ ਸੁਰੱਖਿਆ, ਸਿਹਤ ਅਤੇ ਸਮਾਜਿਕ ਸਹਾਇਤਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਸਾਡੇ ਬਜ਼ੁਰਗ ਸਾਡਾ ਮਾਣ’ ਨੂੰ ਸਾਲ 2026 ਦੌਰਾਨ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਰਜੀਤ ਬੈਂਸ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਇਕ ਅਹੰਮੀ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸਿਹਤ ਵਿਭਾਗ, ਸਿੱਖਿਆ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ (ਪੀ.ਐਸ.ਡੀ.ਐਮ), ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੈੱਡ ਕ੍ਰਾਸ ਸੋਸਾਇਟੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।
ਮੀਟਿੰਗ ਦਾ ਮੁੱਖ ਉਦੇਸ਼ ਬਜ਼ੁਰਗਾਂ ਦੀਆਂ ਲੋੜਾਂ ਅਨੁਸਾਰ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨਾ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਸੀ।
ਇਸ ਮੌਕੇ ਸ੍ਰੀ ਅਮਰਜੀਤ ਬੈਂਸ ਨੇ ਕਿਹਾ ਕਿ ਬਜ਼ੁਰਗਾਂ ਦੀ ਸੁਰੱਖਿਆ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਕੱਲੇ ਰਹਿੰਦੇ ਬਜ਼ੁਰਗਾਂ ਦੀ ਪਹਿਚਾਣ ਕਰਕੇ ਉਨ੍ਹਾਂ ਲਈ ਨਿਯਮਤ ਸਿਹਤ ਜਾਂਚ, ਮਨੋਵਿਗਿਆਨਕ ਸਹਾਰਾ ਅਤੇ ਕਾਨੂੰਨੀ ਮਦਦ ਯਕੀਨੀ ਬਣਾਈ ਜਾਵੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬਜ਼ੁਰਗਾਂ ਲਈ ਖਾਸ ਹੈਲਪਲਾਈਨ ਨੰਬਰਾਂ ਅਤੇ ਸਹਾਇਤਾ ਕੇਂਦਰਾਂ ਨੂੰ ਹੋਰ ਸਰਗਰਮ ਕੀਤਾ ਜਾਵੇਗਾ। ਇਸਦੇ ਨਾਲ ਹੀ ਬੈਂਕਾਂ ਦੇ ਸਹਿਯੋਗ ਨਾਲ ਬਜ਼ੁਰਗਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਐਨ.ਜੀ.ਓਜ਼ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਵੀ ਲਗਾਏ ਜਾਣਗੇ।
ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਬਜ਼ੁਰਗਾਂ ਅਤੇ ਨੌਜਵਾਨਾਂ ਵਿਚਕਾਰ ਸਾਂਝ ਵਧਾਉਣ ਲਈ ਸਾਂਸਕ੍ਰਿਤਕ ਅਤੇ ਸਿੱਖਿਆਤਮਕ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ, ਤਾਂ ਜੋ ਪੀੜ੍ਹੀਆਂ ਦਰਮਿਆਨ ਦੂਰੀ ਘਟਾਈ ਜਾ ਸਕੇ।
ਅੰਤ ਵਿੱਚ ਸ੍ਰੀ ਅਮਰਜੀਤ ਬੈਂਸ ਨੇ ਕਿਹਾ ਕਿ ਬਜ਼ੁਰਗਾਂ ਦੇ ਤਜਰਬੇ ਤੋਂ ਨੌਜਵਾਨਾਂ ਨੂੰ ਲਾਭ ਪਹੁੰਚਾਉਣ ਵਿੱਚ ਇਹ ਮੁਹਿੰਮ ਅਹੰਮੀ ਭੂਮਿਕਾ ਨਿਭਾਏਗੀ ਅਤੇ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ 2026 ਦੌਰਾਨ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਨੂੰ ਨਵੀਆਂ ਉਚਾਈਆਂ ‘ਤੇ ਲੈ ਕੇ ਜਾਣਗੇ।











